ਨੰਗਲ / ਸੰਦੀਪ ਸ਼ਰਮਾ : ਨੰਗਲ ਨਗਰ ਕੌਂਸਲ ਵੱਲੋਂ ਰੇਹੜੀ-ਫੜ੍ਹੀ ਲਗਾਉਣ ਵਾਲੇ ਅਤੇ ਮਿਹਨਤਕਸ਼ ਲੋਕਾਂ ਲਈ ਆਰਥਿਕ ਸਹਾਇਤਾ ਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਵਾਨਿਧੀ ਤੋ ਸਮਰਿੱਧੀ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਬਾਰੇ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਕੈਂਪ ਆਯੋਜਕਾਂ ਨੇ ਦੱਸਿਆ ਕਿ ਸਰਕਾਰ ਦੇਸ਼ ਦੇ ਗਰੀਬ ਆਰਥਿਕ ਵਰਗ ਦੇ ਲੋਕਾਂ ਲਈ ਕਈ ਯੋਜਨਾਵਾਂ ਲੈ ਕੇ ਆਉਂਦੀ ਰਹਿੰਦੀ ਹੈ। ਇਸ ਸਕੀਮ ਤਹਿਤ ਸਰਕਾਰ ਬਿਨਾਂ ਕਿਸੇ ਗਰੰਟੀ ਦੇ ਸਟ੍ਰੀਟ ਵਿਕਰੇਤਾਵਾਂ ਨੂੰ 10,000 ਰੁਪਏ ਤੱਕ ਦਾ ਕਰਜ਼ਾ ਦਿੰਦੀ ਹੈ।
ਦੱਸ ਦੇਈਏ ਕਿ ਸਰਕਾਰ ਇਸ ਯੋਜਨਾ ਦੇ ਤਹਿਤ ਮਿਲਣ ਵਾਲੇ ਲੋਨ ਤੇ ਸਬਸਿਡੀ ਦਿੰਦੀ ਹੈ। ਇਸ ਸਕੀਮ ਰਾਹੀਂ ਸਰਕਾਰ ਲੋਕਾਂ ਨੂੰ ਆਪਣਾ ਕੰਮ ਦੁਬਾਰਾ ਸ਼ੁਰੂ ਕਰਨ ਦਾ ਮੌਕਾ ਦਿੰਦੀ ਹੈ। ਇਹ ਲੋਨ ਲੈਣ ਤੋਂ ਬਾਅਦ, ਤੁਹਾਨੂੰ ਉਸ ਕਰਜ਼ੇ ਦੀ ਅਦਾਇਗੀ ਕਰਨ ਲਈ 1 ਸਾਲ ਦਾ ਸਮਾਂ ਮਿਲਦਾ ਹੈ। ਇੱਕ ਵਾਰ ਲੋਨ ਦੀ ਰਕਮ ਦਾ ਭੁਗਤਾਨ ਹੋ ਜਾਣ ਤੋਂ ਬਾਅਦ, ਤੁਸੀਂ ਦੁਬਾਰਾ ਲੋਨ ਲੈ ਸਕਦੇ ਹੋ। ਦੁਬਾਰਾ ਤੁਹਾਨੂੰ 20,000 ਰੁਪਏ ਤੱਕ ਦਾ ਕਰਜ਼ਾ ਮਿਲਦਾ ਹੈ ਅਤੇ ਤੀਜੀ ਵਾਰ ਤੁਹਾਨੂੰ 50,000 ਰੁਪਏ ਤੱਕ ਦਾ ਕਰਜ਼ਾ ਮਿਲ ਸਕਦਾ ਹੈ।