ਨੰਗਲ : ਦੇਰ ਰਾਤ ਨੰਗਲ ਉਪ ਮੰਡਲ ਦੇ ਪਿੰਡ ਗੋਹਲਣੀ ਵਿਖੇ ਅੱਧੀ ਦਰਜਨ ਤੋਂ ਵੱਧ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਔਰਤ ਅਤੇ ਉਸ ਦੇ ਪਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ। ਜਿੱਥੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ.ਰੈਫਰ ਕੀਤਾ ਹੈ। ਇੱਥੇ ਔਰਤ ਦੇ ਪਤੀ ਦੀ ਮੌਤ ਹੋਨ ਦੀ ਜਾਣਕਾਰੀ ਮਿਲੀ ਹੈ। ਜਦਕਿ ਔਰਤ ਦਾ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਦੀ ਪਤਨੀ ਰਜਨੀ ਬਾਲਾ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਗੋਹਲਨੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਮਨਜਿੰਦਰ ਸਿੰਘ ਉਸ ਦੇ ਕੋਲ ਬੈਠਾ ਸੀ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਆਉਂਦੇ ਹੀ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਲਹੂ-ਲੁਹਾਨ ਹੋਏ ਪਤੀ-ਪਤਨੀ ਨੂੰ ਤੁਰੰਤ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਇਆ ਗਿਆ। ਪਰ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ ਮਨਜਿੰਦਰ ਸਿੰਘ ਦੀ ਮੌਤ ਹਨ ਦੀ ਜਾਣਕਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਂਦੇ ਸਮੇਂ ਹਮਲਾਵਰ ਹਸਪਤਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਬੀਆਰ ਵੀ ਆਪਣੇ ਨਾਲ ਲੈ ਗਏ। ਇਸ ਘਟਨਾ ਤੋਂ ਬਾਅਦ ਹਸਪਤਾਲ ਵਿੱਚ ਚਾਰੇ ਪਾਸੇ ਖੂਨ ਹੀ ਖੂਨ ਹੀ ਨਜ਼ਰ ਆ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਲੈਣ ਲਈ ਜਦੋਂ ਹਸਪਤਾਲ ਦੇ ਮਾਲਕ ਡਾ: ਰਾਮ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਅਣਪਛਾਤੇ ਵਿਅਕਤੀਆਂ ਨੇ ਇਹ ਹਮਲਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਤੀਸ਼ ਸ਼ਰਮਾ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਪੁਰਾਣੀ ਦੁਸ਼ਮਣੀ ਦਾ ਹੈ। ਮ੍ਰਿਤਕ ਅਤੇ ਹਮਲਾਵਰ ਇੱਕੋ ਪਿੰਡ ਪਲਾਸੀ ਦੇ ਵਸਨੀਕ ਹਨ। ਰਾਤ ਦੇ ਹਮਲੇ ‘ਚ ਮਾਰੇ ਗਏ ਮਨਜਿੰਦਰ ਸਿੰਘ ਨੇ ਪਹਿਲਾਂ ਵੀ ਇਸ ਮਾਮਲੇ ਦੇ ਮੁੱਖ ਦੋਸ਼ੀ ਦੇ ਭਰਾ ਦਾ ਕਤਲ ਕੀਤਾ ਸੀ ਅਤੇ ਕੁਝ ਸਮਾਂ ਪਹਿਲਾਂ ਮਨਜਿੰਦਰ ਉਮਰ ਕੈਦ ਦੀ ਸਜ਼ਾ ਪੂਰੀ ਕਰਕੇ ਵਾਪਸ ਪਰਤਿਆ ਸੀ।