ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮਿੱਤਰਾਂ ਲਈ ਤਿੰਨ-ਦਿਨਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮਿੱਤਰਾਂ ਲਈ ਤਿੰਨ-ਦਿਨਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਫ਼ਿਰੋਜ਼ਪੁਰ :  ਪੰਜਾਬ ਰਾਜ ਵਿੱਚ ਫਸਲੀ ਵਿਭਿੰਨਤਾ ਲਿਆਉਣ ਅਤੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਬਾਸਮਤੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਆਈ.ਏ.ਐੱਸ ਦੇ ਪ੍ਰਗਤੀਸ਼ੀਲ ਯਤਨਾਂ ਸਦਕਾ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਵਿੱਚ 323 ਕਿਸਾਨ ਮਿੱਤਰ ਰੱਖੇ ਜਾ ਰਹੇ ਹਨ ਅਤੇ ਇਨ੍ਹਾਂ ਨੂੰ 17 ਤੋਂ 19 ਅਪ੍ਰੈਲ 2023 ਤੱਕ ਤਿੰਨ ਦਿਨਾ ਬਾਸਮਤੀ ਦੀ ਫਸਲ ਦੀ ਕਾਸ਼ਤ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾ ਕੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਵਿੱਚ ਸ੍ਰੀ ਅਰੁਣ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਿਰੋਜ਼ਪੁਰ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਰੁਣ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਫਸਲ ਹੇਠੋਂ ਰਕਬਾ ਘਟਾ ਕੇ ਬਾਸਮਤੀ ਦੀ ਫਸਲ ਨੂੰ ਤਰਜੀਹ ਦੇਣ ਅਤੇ ਜ਼ਿਲ੍ਹੇ ਵਿੱਚ ਫਸਲੀ ਵਿਭਿੰਨਤਾ ਲਿਆਉਣ ਅਤੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਵਿਭਾਗ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਦੀ ਕਿਸਾਨੀ ਨੂੰ ਖੁਸ਼ਹਾਲ ਬਣਾਉਣ ਦੀ ਸੋਚ ਦੇ ਸਨਮੁੱਖ ਪੰਜਾਬ ਰਾਜ ਵਿੱਚ ਬਾਸਮਤੀ ਦੀ ਫਸਲ ਹੇਠ ਰਕਬਾ ਵਧਾਉਣ ਅਤੇ ਫਸਲੀ ਵਿਭਿੰਨਤਾ ਲਿਆਉਣ ਲਈ ਪਿੰਡ ਪੱਧਰ ‘ਤੇ ਕਿਸਾਨ ਮਿੱਤਰ ਰੱਖੇ ਜਾ ਰਹੇ ਹਨ।

ਇਸ ਦੌਰਾਨ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਤੇਜਪਾਲ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਤਿੰਨ ਦਿਨ ਲਈ ਚੱਲੇਗਾ। ਇਸ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਵਿੱਚ ਰੋਜ਼ਾਨਾ 120 ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਜਾਬ ਸਰਕਾਰ ਵੱਲੋਂ ਰੱਖੇ ਜਾ ਰਹੇ ਕਿਸਾਨ ਮਿੱਤਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਕਿਸਾਨ ਮਿੱਤਰਾਂ ਨੂੰ ਇਹ ਟ੍ਰੇਨਿੰਗ ਡਾ. ਰਣਵੀਰ ਸਿੰਘ ਗਿੱਲ ਪ੍ਰਿੰਸੀਪਲ ਰਾਈਸ ਬਰੀਡਰ, ਪੀ.ਐੱਸ ਸਰਾਓ ਪ੍ਰਿੰਸੀਪਲ ਕੀਟ ਵਿਗਿਆਨੀ, ਡਾ. ਜੇ.ਐੱਸ. ਲੋਰ ਪ੍ਰਿੰਸੀਪਲ ਪੌਦਾ ਬਿਮਾਰੀ ਵਿਗਿਆਨੀ, ਡਾ. ਮਨਪ੍ਰੀਤ ਸਿੰਘ ਵਿਸਥਾਰ ਮਾਹਿਰ, ਸ੍ਰੀ ਨੀਰਜ ਬਾਸਮਤੀ ਨਿਰਯਾਤ ਵੱਲੋਂ ਦਿੱਤੀ ਜਾ ਰਹੀ ਹੈ। ਇਸ ਵਿਸ਼ੇਸ਼ ਟ੍ਰੇਨਿੰਗ ਨੂੰ ਪ੍ਰਾਪਤ ਕਰਨ ਉਪਰੰਤ ਇਹ ਕਿਸਾਨ ਮਿੱਤਰ ਪਿੰਡ ਪੱਧਰ ‘ਤੇ ਕਿਸਾਨਾਂ ਵਿੱਚ ਵਿਚਰਨਗੇ ਅਤੇ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਦੀ ਕਾਸ਼ਤ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਗੇ।