ਸਿਹਤ ਮੰਤਰੀ ਵਲੋਂ ਜ਼ਿਲ੍ਹਾ ਕਪੂਰਥਲਾ ਹਸਪਤਾਲ ਦਾ ਦੌਰਾ

ਸਿਹਤ ਮੰਤਰੀ ਵਲੋਂ ਜ਼ਿਲ੍ਹਾ ਕਪੂਰਥਲਾ ਹਸਪਤਾਲ ਦਾ ਦੌਰਾ

ਕਪੂਰਥਲਾ( ਚੰਦਰ ਸ਼ੇਖਰ ਕਾਲਿਆਂ)। ਸੂਬੇ 'ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਜੀ ਨੇ ਸੂਬੇ ਅੰਦਰ ਚੱਲ ਰਹੇ ਸਿਵਲ ਹਸਪਤਾਲਾਂ ਤੇ ਸਰਕਾਰੀ ਸਿਹਤ ਕੇਂਦਰਾਂ ਦੇ ਦੌਰੇ ਸ਼ੁਰੂ ਕੀਤੇ ਹਨ। ਇਸ ਲੜੀ ਤਹਿਤ ਅੱਜ ਉਨ੍ਹਾਂ ਕਪੂਰਥਲਾ ਦੇ ਜ਼ਿਲਾ ਸਿਵਲ ਹਸਪਤਾਲ 'ਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਵਿਚ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਅਸਲ ਸਥਿਤੀ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹਸਪਤਾਲ ਦੀ ਓ.ਪੀ.ਡੀ., ਆਈ.ਪੀ.ਡੀ, ਜਨਰਲ ਵਾਰਡ, ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ ਤੇ ਓਟ ਸੈਂਟਰ ਸਮੇਤ ਵੱਖ-ਵੱਖ ਵਿਭਾਗਾਂ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ।ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਸਾਰੇ ਮਰੀਜ਼ਾਂ ਨੇ ਇਲਾਜ ਪ੍ਰਬੰਧਨ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੇ ਲੋਕਾਂ ਨੇ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ 'ਤੇ ਭਰੋਸਾ ਜਤਾਇਆ ਹੈ।

*ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦਿਆਂਗੇ'* 
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਸਪਤਾਲ ਕਪੂਰਥਲਾ ਦੇ ਦੌਰ ਦੌਰਾਨ ਕਿਹਾ ਕਿ 15 ਅਗਸਤ ਨੂੰ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ 'ਚ ਵੱਡੀ ਪੁਲਾਂਘ ਹੋਵੇਗੀ। ਉਨ੍ਹਾਂ ਕਿਹਾ ਕਿ ਸਿਹਤ ਢਾਂਚੇ 'ਚ ਵੱਡੇ ਸੁਧਾਰ ਲਿਆ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਉਹ ਲੋਕਾਂ ਦੀ ਲੋੜਾਂ ਨੂੰ ਸਮਝਣ ਲਈ ਸੂਬੇ ਦੀਆਂ ਸਿਹਤ ਸੰਸਥਾਵਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਸਮੇਂ ਦੇ ਅਨੁਕੂਲ ਸਿਹਤ ਸੰਸਥਾਵਾਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਹਸਪਤਾਲਾਂ ਵਿਚ ਲੋੜੀਂਦੇ ਮੈਡੀਕਲ ਉਪਕਰਨ ਅਤੇ ਖਾਲੀ ਪਈਆਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ 'ਅਸਾਮੀਆਂ ਦਾ ਵੇਰਵਾ ਮੰਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਬਿਹਤਰ ਤੇ - ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਉਦੇਸ਼ ਤਦ ਹੀ ਪੂਰਾ ਹੋਵੇਗਾ ਜਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ, ਲੋੜੀਂਦੇ ਸਾਰੇ ਟੈਸਟ ਅਤੇ ਹੋਰ ਸੇਵਾਵਾਂ ਆਸਾਨੀ ਨਾਲ ਮਿਲਣਗੀਆਂ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਪੂਰਥਲਾ ਵਿਖੇ ਜਲਦ ਹੀ ਮੈਡੀਕਲ ਕਾਲਜ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ।

 *ਜ਼ਿਲਾ ਪੁਲਿਸ ਨੇ ਦਿੱਤਾ ਗਾਰਡ ਆਫ ਆਨਰ* 
ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਜੀ ਦੇ ਸਰਕਟ ਹਾਊਸ ਪਹੁੰਚ ਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ‌ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ, ਇਸ ਉਪਰੰਤ ਜ਼ਿਲ੍ਹਾ ਪੁਲਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ,ਐਸਐਸਪੀ ਰਾਜਬਚਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਮੌਜੂਦ ਸਨ।

 *ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਵਲੋਂ ਸਿਹਤ ਮੰਤਰੀ ਦਾ ਸਵਾਗਤ* 
ਜ਼ਿਲਾ ਹਸਪਤਾਲ ਵਿਖੇ ਪਹੁੰਚਣ ਤੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਜੀ,ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੀਲੀਮਾ ਸਿੰਘ ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਣਜੀਤ ਸਿੰਘ ਘੜੋਤਾ ਨੂੰ ਫੂੱਲਾਂ ਦਾ ਗੁਲਦਸਤਾ ਭੇਂਟ ਕਰਕੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜੀ ਆਇਆਂ ਨੂੰ ਆਖਿਆ। ਇਸ ਮੌਕੇ ਆਪ ਦੇ ਹਲਕਾ ਇੰਚਾਰਜ ਮੰਜੂ ਰਾਣਾ,ਆਪ ਭੁਲੱਥ ਇੰਚਾਰਜ ਰਣਜੀਤ ਸਿੰਘ, ਆਪ ਸੀਨੀਅਰ ਆਗੂ ਗੁਰਸ਼ਰਨ ਸਿੰਘ ਕਪੂਰ, ਸਟੇਟ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ, ਏਸੀਐਸ ਡਾ. ਅੰਨੂ ਸ਼ਰਮਾ, ਡੀਐਮਸੀ ਡਾ. ਸੰਦੀਪ ਭੋਲਾ, ਡੀਐਫਪੀਓ ਡਾ. ਅਸ਼ੋਕ ਕੁਮਾਰ,ਡੀਆਈਓ ਡਾ. ਰਣਦੀਪ ਸਿੰਘ, ਡੀਐਚਓ ਡਾ. ਕੁਲਜੀਤ ਸਿੰਘ,ਐਸਐਮਓ ਡਾ. ਸੰਦੀਪ ਧਵਨ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਪਰਡੈਂਟ ਰਾਮ ਅਵਤਾਰ, ਬੀਈਈ ਰਵਿੰਦਰ ਜੱਸਲ ਆਦਿ ਹਾਜ਼ਰ ਸਨ।