ਪੰਜਾਬ : ਟੈਕਸੀ ਡਰਾਈਵਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਟੈਕਸੀ ਡਰਾਈਵਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਹਿੱਟ ਐਂਡ ਰਨ ਕਾਨੂੰਨ ਦੇ ਖਿਲਾਫ ਲਗਾਤਾਰ ਹੀ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚ ਪਿਛਲੇ ਦਿਨੀ ਟਰੱਕ ਡਰਾਈਵਰਾਂ ਵੱਲੋਂ ਵੱਡੇ ਪੱਧਰ ਦੇ ਉੱਪਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਲਗਾਤਾਰ ਹੀ ਇਹ ਰੋਸ ਪ੍ਰਦਰਸ਼ਨ ਵੱਧਦਾ ਜਾ ਰਿਹਾ ਹੈ ਅਤੇ ਅੱਜ ਬਿਆਸ ਟੈਕਸੀ ਯੂਨੀਅਨ ਵਲੋ ਵੱਡੀ ਪੱਧਰ ਤੇ ਇੱਕਤਰਤਾ ਕਰਕੇ ਦੇਸ਼ 'ਚ ਹਿੱਟ ਐਂਡ ਰਨ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਦੇ ਵਿਰੋਧ 'ਚ ਕੇਂਦਰ ਸਰਕਾਰ ਖਿਲਾਫ ਸੜਕਾਂ ਤੇ ਉਤਰ ਕੇ ਨਾਅਰੇਬਾਜੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਦੌਰਾਨ ਬਿਆਸ ਵਿੱਚ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਦੇ ਨਾਲ ਸੰਪਰਕ ਸੜਕ ਦੇ ਉੱਪਰ ਕੀਤਾ ਗਿਆ। ਜਿਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਡਰਾਈਵਰਾਂ ਨੇ ਕਿਹਾ ਕਿ ਬਹੁਤ ਸਾਰੇ ਡਰਾਈਵਰ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਜਿਸ ਕਾਰਨ ਨਵੇਂ ਕਾਨੂੰਨ ਮੁਤਾਬਕ ਹਰ ਡਰਾਈਵਰ ਇੰਨਾ ਜੁਰਮਾਨਾ ਨਹੀਂ ਭਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਦੁਰਘਟਨਾ ਦਾ ਸ਼ਿਕਾਰ ਹੋ ਨਵੇਂ ਕਾਨੂੰਨ ਤਹਿਤ 10 ਸਾਲ ਦੀ ਸਜ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨਾਂ ਦੇ ਪੂਰੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਹੋ ਜਾਵੇਗੀ।

ਉਨ੍ਹਾਂ ਆਖਿਆ ਕਿ ਇੱਕ ਡਰਾਈਵਰ ਪੂਰੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ ਅਤੇ ਕਿਸੇ ਵਾਹਨ ਚਾਲਕ ਦੀ ਇਹ ਮਨਸ਼ਾ ਨਹੀਂ ਹੁੰਦੀ ਹੈ ਕਿ ਉਹ ਕਿਸੇ ਨੂੰ ਨੁਕਸਾਨ ਪਹੁੰਚਾਵੇ ਜਾ ਫਿਰ ਕਿਸੇ ਹਾਦਸੇ ਦਾ ਸ਼ਿਕਾਰ ਹੋਵੇ। ਜੇਕਰ ਕਿਤੇ ਅਜਿਹੀ ਸਥਿਤੀ ਜਾਂ ਫਿਰ ਹਾਲਾਤ ਬਣ ਜਾਂਦੇ ਹਨ ਤਾਂ ਅਜਿਹਾ ਨਵਾਂ ਕਾਨੂੰਨ ਬਣਦਿਆਂ ਹੀ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਡਰਾਈਵਰ ਦੇ ਪਰਿਵਾਰ ਦੀ ਜ਼ਿੰਦਗੀ ਤਕਰੀਬਨ ਖ਼ਤਮ ਹੋ ਜਾਵੇਗੀ। ਉਨਾਂ ਕਿਹਾ ਕਿ ਕੋਈ ਵੀ ਡਰਾਈਵਰ ਜਾਣਬੁੱਝ ਕੇ ਹਾਦਸੇ ਦਾ ਕਾਰਨ ਨਹੀਂ ਬਣਦਾ। ਜੇਕਰ ਬਦਕਿਸਮਤੀ ਨਾਲ ਕੋਈ ਹਾਦਸਾ ਵਾਪਰ ਜਾਵੇ ਅਤੇ ਡਰਾਈਵਰ ਨਾ ਭੱਜੇ ਤਾਂ ਉੱਥੇ ਇਕੱਠੀ ਹੋਈ ਲੋਕਾਂ ਦੀ ਭੀੜ ਉਸ ਦੀ ਜਾਨ ਵੀ ਲੈ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ। ਉਨਾਂ ਮੰਗ ਕੀਤੀ ਕਿ ਬਣਾਏ ਜਾ ਰਹੇ ਨਵੇਂ ਕਾਨੂੰਨ ਨੂੰ ਤੁਰੰਤ ਰੱਦ ਕੀਤਾ ਜਾਵੇ। ਜੇਕਰ ਸਰਕਾਰ ਨੇ ਇਸ ਨੂੰ ਰੱਦ ਨਾ ਕੀਤਾ ਤਾਂ ਬਿਆਸ ਦੇ ਸਮੂਹ ਟੈਕਸੀ ਮਾਲਕ ਅਤੇ ਡਰਾਈਵਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।