ਕੋਟਕਪੂਰਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਅੱਜ ਪਿੰਡ ਸਿਰਸਾੜੀ ਵਿਖੇ ਪਹੁੰਚੇ। ਉਹਨਾਂ ਨੇ ਸ਼ਹੀਦ ਸੈਨਿਕ ਰਮੇਸ਼ ਕੁਮਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੂਬੇਦਾਰ ਰਮੇਸ਼ ਲਾਲ ਪਿਛਲੇ ਦਿਨੀਂ ਲੱਦਾਖ ਵਿੱਚ ਇੱਕ ਸੜਕ ਹਾਦਸੇ ਵਿੱਚ ਸ਼ਹੀਦ ਹੋ ਗਏ ਸਨ। ਇਸ ਮੋਕੇ ਉਹਨਾਂ ਨੇ ਪਿੰਡ ਵਿਚ ਖੇਡ ਸਟੇਡੀਅਮ ਅਤੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਸੂਬੇਦਾਰ ਰਮੇਸ਼ ਲਾਲ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ।