ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹੀਦੀ ਸਮਾਗਮ ਨਮਿੱਤ 1 ਜਨਵਰੀ 2024 ਨੂੰ ਅਕਾਲ ਤਖਤ ਸਾਹਿਬ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਪੰਥਕ ਸ਼ਖਸ਼ੀਅਤ ਭਾਈ ਮੋਹਕਮ ਸਿੰਘ , ਭਾਈ ਮਨਜੀਤ ਸਿੰਘ ਭੋਮਾ ਅੱਜ ਪ੍ਰੈਸ ਕਾਨਫਰੰਸ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਨਾਲ ਝੂਠੇ ਪੁਲਿਸ ਮੁਕਾਬਲੇ ਦੀ ਜਨਤਕ ਹੋਈ ਰਿਪੋਰਟ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦੋਸ਼ੀਆਂ ਵਿਰੁੱਧ ਐਕਸ਼ਨ ਲੈ ਕੇ ਮੁਕੱਦਮੇ ਦਰਜ਼ ਕਰਵਾਉਣ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਕਰੜੀ ਤੋਂ ਕਰੜੀ ਸਜ਼ਾ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਸਾਲ 1998 ਵਿੱਚ ਬੀਪੀ ਤਿਵਾੜੀ ਕਮਿਸਨ ਨੇ ਆਪਣੀ ਰਿਪੋਰਟ ਮੁਕੰਮਲ ਤਿਆਰ ਕਰਕੇ ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੌਂਪ ਦਿੱਤੀ ਸੀ। ਇਸ ਰਿਪੋਰਟ ਨੂੰ ਜਨਤਕ ਕਰਨ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਾਸਤੇ ਕਈ ਵਾਰ ਪੰਥਕ ਵਫ਼ਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਦੇ ਰਹੇ।
ਪਰ ਪ੍ਰਕਾਸ਼ ਸਿੰਘ ਬਾਦਲ ਨੇ ਨਾ ਤਾਂ ਰਿਪੋਰਟ ਜਨਤਕ ਕੀਤੀ, ਨਾ ਹੀ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਕੀਤੀ। ਉਹਨਾਂ ਕਿਹਾ ਇਸੇ ਤਰ੍ਹਾਂ ਅਕਾਲੀ ਸਰਕਾਰ ਵਿੱਚ ਲੰਮਾ ਸਮਾਂ ਗ੍ਰਹਿ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੁੰਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ ਪੁਛਿਆ ਜਾਵੇ ਤੇ ਉਸਨੂੰ ਧਾਰਮਿਕ ਸਜ਼ਾ ਲਗਾਈ ਜਾਵੇ। ਕਿ ਉਸਨੇ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸੰਬੰਧੀ ਤਿਵਾੜੀ ਕਮਿਸ਼ਨ ਦੀ ਰਿਪੋਰਟ ਆਪਣੇ ਗ੍ਰਹਿ ਮੰਤਰੀ ਰਹਿੰਦਿਆਂ 8 ਸਾਲ ਆਪਣੇ ਗੋਡੇ ਥੱਲੇ ਕਿਉਂ ਦਬਾਈ ਰੱਖੀ। ਕਿਉਂ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰਦਾ ਰਿਹਾ। ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਗੁਰਦੀਪ ਸਿੰਘ ਖੇੜਾ ਸਮੇਂਤ ਬੰਦੀ ਸਿੰਘ ਰਿਹਾਅ ਕਰਨੇ ਚਾਹੀਦੇ ਹਨ। ਪੰਥਕ ਧਿਰਾਂ ਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਇੱਕ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹੀਦੀ ਸਮਾਗਮ ਨਮਿੱਤ ਸ੍ਰੀ ਅਖੰਡ ਪਾਠ ਦੇ ਭੋਗ 8 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਾਏ ਜਾਣਗੇ। ਸਮੂਹ ਪੰਥਕ ਜਥੇਬੰਦੀਆਂ, ਇਨਸਾਫ਼ ਪਸੰਦ ਲੋਕਾਂ ਨੂੰ ਸ਼ਹੀਦੀ ਸਮਾਗਮ ਵਿੱਚ ਹੁਮ ਹੁਮਾਕੇ ਪਹੁੰਚਣ ਦੀ ਅਪੀਲ ਕੀਤੀ ਹੈ।