ਹੁਸ਼ਿਆਰਪੁਰ/ ਅਨਿਕੇਤ: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਦਸਤਖਤ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹੋਇਆਂ ਅੱਜ ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਸਤੌਰ ਵਿਖੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿੰਡ ਚ ਸਥਿਤ ਗੁਰੂ ਦਾ ਬਾਗ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਿਆਣਾ ਚ ਗੁਰਦੁਆਰਿਆਂ ਦੇ ਜਿੰਦੇ ਭੰਨਣ ਦੀ ਸਖਤ ਸ਼ਬਦਾਂ ਚ ਨਿਖੇਧੀ ਕਰਦਿਆਂ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਸ਼ਹਿ ਤੇ ਇਹ ਸਭ ਕੁਝ ਹੋ ਰਿਹਾ ਏ ਜੱਦ ਕਿ ਗੁਰਦਆਰਾ ਸਾਹਿਬ ਕੋਈ ਡੇਰਾ ਨਹੀਂ ਹੈ ਜਿਸਦੇ ਜਿੰਦਰੇ ਜਦੋਂ ਦਿਲ ਕੀਤਾ ਤੋੜ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਜਿੰਦੇ ਆਰੀ ਨਾਲ ਭੰਨ ਗੁਰਦੁਆਰਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹਾ ਵਰਤਾਰਾਂ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਲੁਧਿਆਣਾ ਤੋਂ ਸੰਸਦ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਨੇ ਤੇ ਅਦਾਲਤ ਦੇ ਮਾਮਲੇ ਚ ਰਵਨੀਤ ਬਿੱਟੂ ਨੂੰ ਕੋਈ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ।
